ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪ੍ਰਣਬ ਕ੍ਰਿਪਾਲ ਨੇ ਟੇਕਿਆ ਮੱਥਾ
jaspreet kaur
Monday, July 6, 2026

ਅਜਮੇਰ ਸਿੰਘ ਭਨੋਟ : ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਵਜੋਂ ਚੁਣੇ ਜਾਣ ਉਪਰੰਤ ਪ੍ਰਣਬ ਕ੍ਰਿਪਾਲ ਨੇ ਆਪਣੇ ਸਾਥੀਆਂ ਸਮੇਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਨਿਵਾਸ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਪ੍ਰਣਬ ਕ੍ਰਿਪਾਲ ਸਿਰੋਪਾਓ ਨਾਲ ਸਨਮਾਨਿਤ
ਇਸ ਮੌਕੇ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਡਾ. ਕੇਵਲ ਸਿੰਘ ਜੀ ਅਤੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਣਬ ਕ੍ਰਿਪਾਲ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਪ੍ਰਣਬ ਕ੍ਰਿਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸਮਾਜ ਅਤੇ ਨੌਜਵਾਨਾਂ ਦੀ ਭਲਾਈ ਲਈ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਕਾਮਨਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਣਬ ਕ੍ਰਿਪਾਲ ਨੇ ਕਿਹਾ ਕਿ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਣ ਅਤੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਸ਼੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉਨ੍ਹਾਂ ਨੂੰ ਲੋਕ ਸੇਵਾ, ਸਮਾਜਿਕ ਏਕਤਾ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ।
ਯੂਥ ਕਾਂਗਰਸ ਆਗੂ ਮੌਕੇ 'ਤੇ ਹਾਜ਼ਰ
ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਮਨਪ੍ਰੀਤ ਚੱਢਾ, ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਯੂਥ ਕਾਂਗਰਸ ਦੇ ਸੀਨੀਅਰ ਪ੍ਰਧਾਨ ਰੋਹਿਤ ਪੋਸੀ, ਬਲਾਕ ਯੂਥ ਕਾਂਗਰਸ ਗੜ੍ਹਸ਼ੰਕਰ ਦੇ ਸੀਨੀਅਰ ਪ੍ਰਧਾਨ ਮਨਜਿੰਦਰ ਸਿੰਘ, ਐਡਵੋਕੇਟ ਪੰਕਜ ਕ੍ਰਿਪਾਲ (ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ), ਜਗਤਾਰ ਸਿੰਘ (ਪ੍ਰਧਾਨ, ਬਲਾਕ ਕਾਂਗਰਸ ਐਸ.ਸੀ. ਵਿਭਾਗ ਗੜ੍ਹਸ਼ੰਕਰ), ਰਾਜ ਕੁਮਾਰ (ਪ੍ਰਧਾਨ, ਬਲਾਕ ਕਾਂਗਰਸ ਐਸ.ਸੀ. ਵਿਭਾਗ ਮਾਹਲਪੁਰ) ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।